ਔਰਤਾਂ ਲਈ ਸੁਰੱਖਿਅਤ ਵਾਤਾਵਰਨ ਅਤਿ ਜ਼ਰੂਰੀ : ਜੱਜ ਅਮਨਦੀਪ ਸਿੰਘ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਸਰਕਾਰੀ ਸਮਾਰਟ ਸੈਕੰਡਰੀ ਸਕੂਲ (ਕੁੜੀਆਂ) ਖ਼ਿਆਲਾ ਕਲਾਂ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ, ਬਾਲ ਅਧਿਕਾਰਾਂ ਅਤੇ ਔਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਚੀਫ਼-ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਬਾਲਾਂ ਦਾ ਯੌਨ ਸ਼ੋਸ਼ਣ ਅਤੇ ਔਰਤਾਂ ਵਿਰੁੱਧ ਜ਼ੁਰਮ ਬਹੁਤ ਹੀ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ, ਜਿਸ ਨੂੰ ਰੋਕਣਾ ਬਹੁਤ ਵੱਡੀ ਚੁਣੋਤੀ ਹੈ।
ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਬਾਲ ਅਤੇ ਔਰਤਾਂ ਆਪਣੀ ਸੁਰੱਖਿਆ ਪ੍ਰਤੀ ਸੁਚੇਤ ਹੋਣ। ਉਨ੍ਹਾਂ ਕਿਹਾ ਕਿ ਸਮਾਜ ਦਾ ਫ਼ਰਜ਼ ਬਣਦਾ ਹੈ ਕਿ ਉਹ ਬਾਲਾਂ ਅਤੇ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਖ਼ਤਰਾ ਬਣੇ ਸਮਾਜ ਵਿਰੋਧੀ ਅਨਸਰਾਂ ਤੇ ਕਰੜੀ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਸੂਚਨਾ ਸਬੰਧਿਤ ਅਧਿਕਾਰੀਆਂ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦੇਣ, ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਢੁੱਕਵੀਆਂ ਸਜ਼ਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦਾ ਯੌਣ ਸੋਸ਼ਣ ਰੋਕਣ ਲਈ ਅਧਿਆਪਕ ਵੱਡੀ ਭੂਮਿਕਾ ਨਿਭਾਅ ਸਕਦੇ ਹਨ।
ਇਸ ਮੌਕੇ ਬੋਲਦਿਆਂ ਸੈਮੀਨਾਰ ਦੇ ਮੁੱਖ ਬੁਲਾਰੇ ਅਤੇ ਨੋਡਲ ਅਫ਼ਸਰ ਐਡਵੋਕੇਟ ਬਲਵੰਡ ਭਾਟੀਆਂ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਵੱਖ-ਵੱਖ ਪਸਾਰਾਂ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਲੋਕ, ਔਰਤਾਂ, ਬੱਚੇ, ਹਿਰਾਸਤੀ, ਕੈਦੀ, ਮਜ਼ਦੂਰ, ਅਪੰਗ, ਮਾਨਸਿਕ ਤੌਰ ’ਤੇ ਪ੍ਰੇਸ਼ਾਨ, ਬੇਗਾਰ ਦੇ ਮਾਰੇ, ਕੁਦਰਤੀ ਆਫ਼ਤਾਂ ਤੋਂ ਪੀੜਤ ਅਤੇ ਤਿੰਨ ਲੱਖ ਤੋਂ ਘੱਟ ਆਮਦਨ ਵਾਲੇ ਲੋਕਾਂ ਲਈ ਮੁਫ਼ਤ ਸਲਾਹ, ਮੁਫ਼ਤ ਵਕੀਲ ਅਤੇ ਮੁਫ਼ਤ ਕਾਨੂੰਨੀ ਖ਼ਰਚੇ ਦੀ ਵਿਵਸਥਾ ਹੋਣ ਦੇ ਬਾਵਜੂਦ ਦੇਸ਼ ਅੰਦਰ ਸਿਰਫ਼ 0.6 ਫੀਸਦੀ ਲੋਕ ਹੀ ਇਸ ਦਾ ਲਾਭ ਉਠਾ ਰਹੇ ਹਨ ਜਦੋਂਕਿ ਅਜਿਹੇ ਲੋਕਾਂ ਦੀ ਗਿਣਤੀ ਦੇਸ਼ ਦੀ ਆਬਾਦੀ ਦਾ 75 ਫੀਸਦੀ ਤੋਂ ਵੱਧ ਬਣਦਾ ਹੈ।
ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰਨ ਅਤੇ ਇਸ ਜਾਣਕਾਰੀ ਨੂੰ ਆਮ ਲੋਕਾਂ ਤੱਕ ਪਹੁੰਚਦਾ ਕਰਨ ਤਾਂ ਜੋ ਸਾਰਥਕ ਟੀਚਿਆਂ ਦੀ ਪ੍ਰਾਪਤੀ ਕੀਤੀ ਜਾ ਸਕੇ।
ਇਸ ਮੌਕੇ ਪ੍ਰਿੰਸੀਪਲ ਸ਼੍ਰੀ ਓਮ ਪ੍ਰਕਾਸ਼ ਮਿੱਢਾ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਕੰਮ ਕਰਨ ਦੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਅਥਾਰਟੀ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਸੈਮੀਨਾਰ ਦੌਰਾਨ ਵਾਈਸ ਪ੍ਰਿੰਸੀਪਲ ਨਰਿੰਦਰ ਸਿੰਘ ਮਾਨਸ਼ਾਹੀਆ, ਰੇਨੂੰ ਬਾਲਾ, ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਜਸਵੀਰ ਕੌਰ, ਪ੍ਰਸ਼ਪਿੰਦਰ ਕੌਰ, ਅਮਨ ਅਗਰਵਾਲ ਅਤੇ ਬੂਟਾ ਸਿੰਘ ਤੋਂ ਇਲਾਵਾ ਵਿਦਿਆਰਥੀ ਮੌਜੂਦ ਸਨ।






