
ਸਿੰਘੂ ਬਾਰਡਰ ‘ਤੇ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾ ਨੇ ਇੱਕ ਅਰਜ਼ੀ ਦਾਇਰ ਕਰਦੇ ਹੋਏ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਅੰਦੋਲਨ ਨੂੰ ਗੈਰਕਨੂੰਨੀ ਕਰਾਰ ਦੇ ਕੇ ਸੜਕਾਂ ਤੋਂ ਹਟਾਇਆ ਜਾਵੇ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਦਲਿਤ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੱਕ ਔਰਤ ਨਾਲ ਬਲਾਤਕਾਰ ਵੀ ਹੋਇਆ ਸੀ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹਿੰਸਾ ਹੋਈ ਸੀ। ਪ੍ਰਗਟਾਵੇ ਦੀ ਆਜ਼ਾਦੀ ਦੀ ਆੜ ਵਿੱਚ ਇਹ ਅੰਦੋਲਨ ਗੈਰਕਨੂੰਨੀ ਢੰਗ ਨਾਲ ਚੱਲ ਰਿਹਾ ਹੈ। ਸੁਪਰੀਮ ਕੋਰਟ ਤੋਂ ਵਿਚਾਰ ਅਧੀਨ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਮੰਚ ਦੇ ਨੇੜੇ ਸ਼ੁੱਕਰਵਾਰ ਸਵੇਰੇ ਇੱਕ ਨੌਜਵਾਨ ਦੀ ਲਾਸ਼ ਮਿਲੀ। ਸੰਯੁਕਤ ਕਿਸਾਨ ਮੋਰਚੇ ਨੇ ਸਿੰਘੂ ਬਾਰਡਰ ’ਤੇ ਤਰਨ ਤਾਰਨ ਦੇ ਵਿਅਕਤੀ ਦੀ ਹੱਤਿਆ ਦੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਘਟਨਾ ਪਿੱਛੇ ਕੋਈ ਸਾਜ਼ਿਸ਼ ਵੀ ਹੋ ਸਕਦੀ ਹੈ।
ਮੋਰਚੇ ਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਧਾਰਮਿਕ ਰੰਗਤ ਵੀ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਚੱਲ ਰਹੇ ਅੰਦੋਲਨ ’ਚ ਕਿਸੇ ਕਿਸਮ ਦੀ ਵੀ ਹਿੰਸਾ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ,‘‘ਸਾਨੂੰ ਸਾਰਿਆਂ ਨੂੰ ਘਟਨਾ ਦਾ ਬਹੁਤ ਅਫ਼ਸੋਸ ਹੈ। ਸੰਯੁਕਤ ਕਿਸਾਨ ਮੋਰਚਾ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਲੜ ਰਿਹਾ ਹੈ। ਇਹ ਹੱਤਿਆ ਕੋਈ ਸਾਜ਼ਿਸ਼ ਵੀ ਹੋ ਸਕਦੀ ਹੈ।’’
ਉਨ੍ਹਾਂ ਕਿਹਾ ਕਿ ਘਟਨਾ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸ੍ਰੀ ਡੱਲੇਵਾਲ ਨੇ ਕਿਹਾ ਕਿ ਮਾਰਿਆ ਗਿਆ ਵਿਅਕਤੀ ਲਖਬੀਰ ਸਿੰਘ ਨਿਹੰਗ ਸਿੰਘਾਂ ਨਾਲ ਰਹਿ ਰਿਹਾ ਸੀ ਅਤੇ ਉਸ ਨੇ ‘ਸਰਬਲੋਹ ਗ੍ਰੰਥ’ ਕਥਿਤ ਤੌਰ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਕਿਸੇ ਵੀ ਧਰਮ ਦੇ ਅਨਾਦਰ ਦੀ ਨਿਖੇਧੀ ਕਰਦਾ ਹੈ ਅਤੇ ਉਹ ਇਸ ਦੇ ਪ੍ਰਤੀਕਰਮ ’ਚ ਕੀਤੀ ਗਈ ਹੱਤਿਆ ਦੀ ਨਿੰਦਾ ਕਰਦੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਦਾਅਵਾ ਕੀਤਾ ਕਿ ਇਹ ਘਟਨਾ ਨਿਹੰਗ ਸਿੰਘਾਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਦਾ ਕਿਸਾਨ ਅੰਦੋਲਨ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ।






