17.1 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਵੱਲੋਂ ਸੂਬੇ ਵਿਚ ਅਮਨ-ਕਾਨੂੰਨ ਦੀ ਦਿਸ਼ਾ ਵਿਚ ਵਿਆਪਕ ਸੁਧਾਰ ਲਿਆਉਣ...

ਮੁੱਖ ਮੰਤਰੀ ਵੱਲੋਂ ਸੂਬੇ ਵਿਚ ਅਮਨ-ਕਾਨੂੰਨ ਦੀ ਦਿਸ਼ਾ ਵਿਚ ਵਿਆਪਕ ਸੁਧਾਰ ਲਿਆਉਣ ਦਾ ਐਲਾਨ

ਚੰਡੀਗੜ੍ਹ, 25 ਜੂਨ:

ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਖਤਮ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ।

ਵਿਧਾਨ ਸਭਾ ਵਿਚ ਅੱਜ ਰਾਜਪਾਲ ਦੇ ਭਾਸ਼ਣ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਇਸ ਦਿਸ਼ਾ ਵਿਚ ਅਮਨ ਕਾਨੂੰਨ ਨਾਲ ਸਬੰਧਤ ਵਿਆਪਕ ਪੱਧਰ ਉਤੇ ਸੁਧਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਵਿਟਨੈੱਸ ਪ੍ਰੋਟੈਕਸ਼ਨ ਬਿੱਲ (ਗਵਾਹ ਸੁਰੱਖਿਆ ਬਿੱਲ) ਲਿਆਏਗੀ ਅਤੇ ਜੇਲ੍ਹਾਂ ਨੂੰ ਅਤਿ ਸੁਰੱਖਿਅਤ ਜੇਲ੍ਹਾਂ ਵਜੋਂ ਅੱਪਗ੍ਰੇਡ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੰਤਵ ਲਈ ਪਹਿਲਾਂ ਹੀ ਏ.ਡੀ.ਜੀ.ਪੀ. ਰੈਂਕ ਦੇ ਅਫਸਰ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਟਾਸਕ ਫੋਰਸ ਨੂੰ ਬਿਨਾਂ ਕਿਸੇ ਡਰ ਅਤੇ ਭੇਦਭਾਵ ਦੇ ਗੈਂਗਸਟਰਾਂ ਨਾਲ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਇਸ ਫੋਰਸ ਨੂੰ ਆਧੁਨਿਕ ਸਹੂਲਤਾਂ ਅਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਸ.ਟੀ.ਐਫ. ਨੇ ਤਕਨੀਕੀ ਸਹਿਯੋਗ ਵਾਸਤੇ ਜ਼ਿਲ੍ਹਾ ਪੁਲੀਸ, ਖੁਫੀਆ ਵਿੰਗ, ਬੀ.ਐਸ.ਐਫ., ਐਨ.ਸੀ.ਬੀ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਕਰਕੇ ਵੱਡੀ ਕਾਰਵਾਈ ਵਿੱਢੀ ਹੈ।

ਆਪਣੀ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਸੁਪਨੇ ਨੂੰ ਸਾਕਾਰ ਕਰਨ ਦਾ ਪੈਂਡਾ ਸੌਖਾ ਨਹੀਂ ਹੈ। ਕਦਮ-ਦਰ-ਕਦਮ ਚੁਣੌਤੀਆਂ ਹੋਣਗੀਆਂ। ਸਾਡੇ ਲਈ ਇਮਤਿਹਾਨ ਦੀ ਘੜੀ ਹੋਵੇਗੀ ਪਰ ਮੇਰਾ ਵਿਸ਼ਵਾਸ ਹੈ ਕਿ ਅਸੀਂ ਹਰ ਇਮਤਿਹਾਨ ਵਿੱਚੋਂ ਸ਼ਾਨ ਨਾਲ ਜੇਤੂ ਹੋ ਕੇ ਨਿਕਲਾਂਗੇ। ਮੈਂ ਪਾਰਟੀ ਪੱਧਰ ਤੋਂ ਉਪਰ ਉਠ ਕੇ ਇਸ ਸਦਨ ਦੇ ਸਾਰੇ ਮੈਂਬਰਾਂ ਤੋਂ ਸਹਿਯੋਗ ਦੀ ਉਮੀਦ ਕਰਦਾ ਹਾਂ ਤਾਂ ਕਿ ਅਸੀਂ ਇਕਜੁਟ ਹੋ ਕੇ ਆਪਣੇ ਸੁਪਨਿਆਂ ਦੇ ਪੰਜਾਬ ਦੇ ਮੁੜ ਨਿਰਮਾਣ ਲਈ ਅਣਥੱਕ ਮਿਹਨਤ ਕਰਕੇ ਅੱਗੇ ਵਧ ਸਕੀਏ।”

ਭਗਵੰਤ ਮਾਨ ਨੇ ਸਦਨ ਵਿਚ ਕਿਹਾ, “ਪੰਜਾਬ ਦੀ ਤਵਾਰੀਖ਼ ਵਿਚ ਇਹ ਇਤਿਹਾਸਕ ਸਮਾਂ ਹੈ ਅਤੇ ਇਸ ਇਤਿਹਾਸਕ ਸਮੇਂ ਵਿਚ ਪਰਮਾਤਮਾ ਨੇ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ। ਆਓ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਅੱਗੇ ਵਧੀਏ, ਜਿਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਨੇ ਸਾਨੂੰ ਇਹ ਮੌਕਾ ਦਿੱਤਾ ਹੈ। ਆਓ, ਇਹ ਯਕੀਨੀ ਬਣਾਈਏ ਕਿ ਚੰਗੇ ਤੇ ਸਾਫ-ਸੁਥਰੇ ਸ਼ਾਸਨ ਅਤੇ ਬਦਲਾਅ ਦੀ ਕ੍ਰਾਂਤੀ ਦੀ ਗੂੰਜ ਪੰਜਾਬ ਦੇ ਹਰੇਕ ਘਰ ਅਤੇ ਹਰੇਕ ਵਿਅਕਤੀ ਤੱਕ ਪਹੁੰਚੇ।”

ਸੂਬੇ ਨਾਲ ਸਬੰਧਤ ਹੋਰ ਮਸਲਿਆਂ ਨੂੰ ਛੂੰਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਹਰ ਹੀਲੇ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਸੂਬੇ ਦੀ ਅਮਨ-ਸ਼ਾਂਤੀ ਵਿਚ ਖਲਲ ਪਾਉਣ ਵਾਲੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸੂਬੇ ਵਿੱਚ ਸ਼ਾਂਤਮਈ ਮਾਹੌਲ ਕਾਇਮ ਰਹੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸ਼ਾਂਤੀ ਅਤੇ ਖੁਸ਼ਹਾਲੀ ਬਰਕਰਾਰ ਰੱਖਣਾ ਸਰਕਾਰ ਲਈ ਪਹਿਲੀ ਤਰਜੀਹ ਹੈ।

ਨਸ਼ਿਆਂ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੁਲੀਸ ਨੂੰ ਨਸ਼ੇ ਦੇ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ ਕਿ ਨਸ਼ਾ ਤਸਕਰਾਂ ਨਾਲ ਸਾਂਝ ਪਾਉਣ ਵਾਲਾ ਕੋਈ ਵੀ ਵਿਅਕਤੀ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਾ ਜਾਵੇ। ਇਸੇ ਤਰ੍ਹਾਂ ਐਸ.ਐਸ.ਪੀਜ./ਪੁਲੀਸ ਕਮਿਸ਼ਨਰਾਂ ਨੂੰ ਵੀ ਸਖਤ ਹੁਕਮ ਦਿੱਤੇ ਗਏ ਹਨ ਕਿ ਉਹ ਐਸ.ਟੀ.ਐਫ ਨਾਲ ਮਿਲ ਕੇ ਕੰਮ ਕਰਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਫੜਨ। ਪੁਲਿਸ ਅਫਸਰਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਉਨ੍ਹਾਂ ਦੇ ਕਾਰਜ ਖੇਤਰ ਅੰਦਰ ਨਸ਼ੇ ਦੀ ਲਾਹਨਤ ਨਾਲ ਨਜਿੱਠਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਲਈ ਉਨ੍ਹਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਨੇ ’ਓਟ’ ਸੈਂਟਰਾਂ ਦੀ ਗਿਣਤੀ 280 ਤੋਂ ਵਧਾ ਕੇ 500 ਕਰ ਦਿੱਤੀ ਹੈ। ਇਸ ਦਾ ਮੁੱਖ ਮੰਤਵ ਨਸ਼ੇ ਦਾ ਕੋਹੜ ਵੱਢਣਾ ਅਤੇ ਮਰੀਜ਼ਾਂ ਨੂੰ ਮਿਆਰੀ ਇਲਾਜ ਸਹੂਲਤਾਂ ਆਸਾਨੀ ਨਾਲ ਮੁਹੱਈਆ ਕਰਵਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਸਦਨ ਦੇ ਮੈਂਬਰਾਂ ਦੇ ਮੋਢਿਆਂ ਉਤੇ ਵਿਆਪਕ ਪੱਧਰ ਉਤੇ ਸੁਧਾਰ ਲਿਆਉਣ ਦਾ ਮੋਢੀ ਬਣਨ ਦੀ ਵੱਡੀ ਜ਼ਿੰਮੇਵਾਰੀ ਹੈ, ਜਿਸ ਲਈ ਸਾਬਕਾ ਵਿਧਾਇਕਾਂ ਲਈ ਹਰ ਕਾਰਜਕਾਲ ਲਈ ਇਕ ਪੈਨਸ਼ਨ ਦੀ ਥਾਂ ‘ਇਕ ਵਿਧਾਇਕ ਲਈ ਇਕ ਪੈਨਸ਼ਨ’ ਵਰਗਾ ਮਿਸਾਲੀ ਕਦਮ ਚੁੱਕਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS