
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਐਲਾਨ ਵਿੱਚ ਸਭ ਤੋਂ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਬੁੱਧਵਾਰ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਖੰਨਾ ਤੋਂ ਬੀਬੀ ਜਸਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਹੈ।
ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾਂ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਬੀਬੀ ਜਸਦੀਪ ਕੌਰ ਜੋ ਕਿ ਚੰਗੇ ਪੜੇ ਲਿਖੇ ਹਨ ਅਤੇ ਇਸ ਸਮੇ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਖੰਨਾਂ ਦੇ ਕੌਂਸਲਰ ਹਨ। ਇਸ ਉਮੀਦਵਾਰ ਸਮੇਤ ਸ਼੍ਰੋ੍ਰਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 78 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਪਿਛਲੇ ਦਿਨੀ ਵੀ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਬੀਬੀ ਜਸਦੀਪ ਕੌਰ ਦੇ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਦਲ ਨੇ ਕੁੱਲ 78 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।




