ਚੰਡੀਗੜ, 12 ਅਪ੍ਰੈਲ:
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀਆਂ ਫਸਲਾਂ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਗਊ ਵੰਸ ਦੀ ਸੇਵਾ ਸੰਭਾਲ ਹਰ ਹੀਲੇ ਯਕੀਨੀ ਬਣਾਈ ਜਾਵੇ।
ਇਥੇ ਜਾਰੀ ਬਿਆਨ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਮੰਡੀਆਂ ਅਤੇ ਪਿੰਡਾਂ ਵਿੱਚ ਘੁੰਮਦੀਆਂ ਗਾਵਾਂ ਕਿਸਾਨਾਂ ਦੀਆਂ ਫਸਲਾਂ ਨੂੰ ਤਬਾਹ ਕਰ ਰਹੀਆਂ ਹਨ, ਜਿਸ ਨਾਲ ਜਿੱਥੇ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ, ਉਥੇ ਸੜਕਾਂ ‘ਤੇ ਘੁੰਮਦੀਆਂ ਗਾਵਾਂ ਵੀ ਦੁਰਘਟਨਾਵਾਂ ਦਾ ਕਾਰਨ ਬਣ ਰਹੀਆਂ ਹਨ। ਇਸ ਤਰਾਂ ਦੀਆਂ ਘਟਨਾਵਾਂ ਵਾਪਰਨ ਨਾਲ ਨਾ ਕੇਵਲ ਲੋਕਾਂ ਦੀ ਜਾਨ ਜਾਂਦੀ ਹੈ, ਸਗੋਂ ਗਾਵਾਂ ਵੀ ਜਖਮੀ ਹੋ ਜਾਂਦੀਆਂ ਹਨ। ਉਨਾਂ ਕਿਹਾ ਕਿ ਗਾਵਾਂ ਧਾਰਮਿਕ ਆਸਥਾ ਦਾ ਪ੍ਰਤੀਕ ਹਨ ਅਤੇ ਇਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹਰ ਇਕ ਦਾ ਫਰਜ਼ ਹੈ।
ਉਨਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਵੱਲੋਂ ਨੋਟਿਸ ਲੈਂਦਿਆਂ ਖੁਦ ਜਮੀਨੀ ਪੱਧਰ ‘ਤੇ ਜਾ ਕੇ ਸੜਕਾਂ ਤੇ ਘੁੰਮ ਰਹੀਆਂ ਗਊਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਕੀਤਾ ਗਿਆ।

ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਹਰ ਸਮੇਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਕੰਮ ਕਰਦਾ ਰਹੇਗਾ। ਉਨਾਂ ਪ੍ਰਸ਼ਾਸਨ ਤੋਂ ਉਮੀਦ ਜਤਾਈ ਕਿ ਪ੍ਰਸ਼ਾਸਨ ਵੱਲੋਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਭਵਿੱਖ ਵਿੱਚ ਯੋਗ ਉਪਰਾਲੇ ਕੀਤੇ ਜਾਣਗੇ।






