18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਟੀਕਾ ਲਗਵਾਉਣ ਤੋਂ ਵਾਂਝਾ ਨਾ ਰਹੇ: ਡਿਪਟੀ ਕਮਿਸ਼ਨਰ
ਭਾਈ ਦੇਸਾ ਪਿੰਡ ’ਚ 100 ਫੀਸਦੀ ਵੈਕਸੀਨੇਸ਼ਨ ਦਾ ਸੱਦਾ ਦਿੰਦਿਆਂ ਚੇਤਨਾ ਰੈਲੀ ਦਾ ਆਯੋਜਨ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਮੁੱਖ ਟੀਚਾ ਹੈ ਕਿ ਹਰ ਯੋਗ ਨਾਗਰਿਕ ਦਾ ਕੋਰੋਨਾ ਤੋਂ ਬਚਾਅ ਵਜੋਂ ਛੇਤੀ ਤੋਂ ਛੇਤੀ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਪਿੰਡਾਂ ਤੇ ਸ਼ਹਿਰਾਂ ਦੇ ਨਿਵਾਸੀਆਂ ਨੂੰ ਉਨ੍ਹਾਂ ਦੀ ਸੁਵਿਧਾ ਲਈ ‘ਡੋਰ ਟੂ ਡੋਰ ਮੁਹਿੰਮ’ ਚਲਾਉਂਦੇ ਹੋਏ ਘਰਾਂ ਵਿੱਚ ਹੀ ਟੀਕਾਕਰਨ ਕਰਵਾਏ ਜਾਣ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਪ ਮੰਡਲ ਮੈਜਿਸਟਰੇਟਾਂ ਦੇ ਨਿਗਰਾਨੀ ਹੇਠ ਪਿੰਡਾਂ ਤੇ ਸ਼ਹਿਰਾਂ ਵਿੱਚ ਇਨ੍ਹੀਂ ਦਿਨੀਂ ਵੱਡੇ ਪੱਧਰ ’ਤੇ ਟੀਕਾਕਰਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਹੁਣ ਵਿਭਾਗੀ ਟੀਮਾਂ ਲੋਕਾਂ ਦੇ ਘਰਾਂ ਵਿੱਚ ਜਾ ਕੇ ਹੀ ਟੀਕਾਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹਾ ਇਸ ਉਦੇਸ਼ ਨਾਲ ਕੀਤਾ ਜਾ ਰਿਹਾ ਹੈ ਕਿ ਕੋਈ ਵੀ ਅਜਿਹਾ ਨਾਗਰਿਕ ਟੀਕਾਕਰਨ ਕਰਵਾਉਣ ਤੋਂ ਵਾਂਝਾ ਨਾ ਰਹੇ ਜੋ 18 ਸਾਲ ਤੋਂ ਵੱਧ ਉਮਰ ਦਾ ਹੈ। ਉਨ੍ਹਾਂ ਕਿਹਾ ਕਿ ਵਧਦੀ ਗਰਮੀ ਵਿੱਚ ਅੰਗਹੀਣ ਨਾਗਰਿਕਾਂ, ਸੀਨੀਅਰ ਸਿਟੀਜ਼ਨ ਤੇ ਮਹਿਲਾਵਾਂ ਲਈ ਘਰ ਘਰ ਟੀਕਾਕਰਨ ਦੀ ਮੁਹਿੰਮ ਹੋਰ ਵੀ ਸਾਰਥਕ ਸਾਬਤ ਹੋ ਰਹੀ ਹੈ ਅਤੇ ਇਸ ਵਰਗ ਦੇ ਲੋਕਾਂ ਵਿੱਚ ਟੀਕਾਕਰਨ ਕਰਵਾਉਣ ਪ੍ਰਤੀ ਵੀ ਉਤਸ਼ਾਹ ਨਜ਼ਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਅਮਲਾ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇ ਰਿਹਾ ਹੈ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਇਨ੍ਹੀਂ ਦਿਨੀ ਪੈ ਰਹੀ ਤੇਜ਼ ਗਰਮੀ ਕਾਰਨ ‘ਡੋਰ ਟੂ ਡੋਰ ਟੀਕਾਕਰਨ ਮੁਹਿੰਮ’ ਅੰਗਹੀਣ ਨਾਗਰਿਕਾਂ, ਬਜ਼ੁਰਗਾਂ ਤੇ ਮਹਿਲਾਵਾਂ ਲਈ ਫਾਇਦੇਮੰਦ ਸਾਬਤ ਹੋ ਰਹੀ ਹੈ ਕਿਉਂ ਜੋ ਪ੍ਰਸ਼ਾਸਨ ਵੱਲੋਂ ਹਰੇਕ ਵਰਗ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਯੋਜਨਾਬੱਧ ਢੰਗ ਨਾਲ ਟੀਕਾਕਰਨ ਤੇ ਸੈਂਪÇਲੰਗ ਦੀ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਦੀ ਤਰਫੋਂ ਪਿੰਡ ਬੁਰਜ ਹਰੀ ਦੇ 18 ਸਾਲ ਤੋਂ ਵੱਧ ਉਮਰ ਦੇ ਸੌ ਫੀਸਦੀ ਨਾਗਰਿਕਾਂ ਦਾ ਟੀਕਾਕਰਨ ਕਰਵਾਏ ਜਾਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਯਤਨ ਜਾਰੀ ਹਨ ਅਤੇ ਇਸੇ ਦੌਰਾਨ ਅੱਜ ਪਿੰਡ ਭਾਈ ਦੇਸਾ ਵਿਖੇ ਵੀ ਐਸ.ਡੀ.ਐਮ ਸ਼ਿਖਾ ਭਗਤ ਦੀ ਨਿਗਰਾਨੀ ਹੇਠ ਬੀ.ਡੀ.ਪੀ.ਓ ਸੁਖਵਿੰੰਦਰ ਸਿੰਘ ਨੇ ਨੌਜਵਾਨ ਏਕਤਾ ਕਲੱਬ ਦੇ ਸਹਿਯੋਗ ਨਾਲ ਪਿੰਡ ਵਿੱਚ ਚੇਤਨਾ ਰੈਲੀ ਕੀਤੀ ਤਾਂ ਜੋ ਵੱਧ ਤੋਂ ਵੱਧ ਪਿੰਡ 100 ਫੀਸਦੀ ਵੈਕਸੀਨੇਸ਼ਨ ਕਰਵਾਉਣ ਦੇ ਰਾਹ ’ਤੇ ਦ੍ਰਿੜ ਹੋ ਸਕਣ।





