ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਅੱਜ ਹੋਣ ਜਾ ਰਿਹਾ ਹੈ। ਉਮੀਦ ਹੈ ਕਿ ਅੱਜ ਸ਼ਾਮ 5 ਵਜੇ ਰਾਜ ਭਵਨ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਜਾ ਸਕਦੀ ਹੈ। ਉਂਜ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤੇ ਜਾਣ ਦੀ ਚਰਚਾ ਜ਼ੋਰਾਂ ’ਤੇ ਹੈ।

ਨਿਊਜ਼ ਏਜੰਸੀ ਏਐਨਆਈ ਦੀ ਇੱਕ ਖ਼ਬਰ ਮੁਤਾਬਕ ਮੁੱਖ ਮੰਤਰੀ ਮਾਨ ਪਿਛਲੇ ਹਫ਼ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਗਏ ਹਨ। ਇਸ ‘ਚ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਥਾਰ ਅਤੇ ਨਵੇਂ ਮੰਤਰੀਆਂ ਦੇ ਨਾਵਾਂ ‘ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਜਦੋਂਕਿ ਸੀਐਮ ਭਗਵੰਤ ਮਾਨ ਨੇ ਮੀਡੀਆ ਨੂੰ ਸਾਫ਼-ਸਾਫ਼ ਕਿਹਾ ਹੈ ਕਿ ਦਿੱਲੀ ਵਿੱਚ ਨਵੇਂ ਮੰਤਰੀਆਂ ਦੇ ਨਾਮ ਉੱਤੇ ਕੋਈ ਚਰਚਾ ਨਹੀਂ ਹੋਈ ਹੈ। ਇਸ ਦਾ ਫੈਸਲਾ ਪੰਜਾਬ ਵਿੱਚ ਹੀ ਲਿਆ ਜਾਵੇਗਾ।ਸ਼ੁੱਕਰਵਾਰ ਨੂੰ ਦੋਹਾਂ ਨੇਤਾਵਾਂ ਦੀ ਮੁਲਾਕਾਤ ਤੋਂ ਬਾਅਦ ਹੀ ਸ਼ਨੀਵਾਰ ਨੂੰ ਇਹ ਖਬਰ ਸਾਹਮਣੇ ਆਈ ਸੀ ਕਿ ਪੰਜਾਬ ‘ਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਮੰਤਰੀ ਮੰਡਲ ਦਾ ਇਹ ਵਿਸਤਾਰ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਆਮ ਆਦਮੀ ਪਾਰਟੀ ਨੂੰ ਸੰਗਰੂਰ ਲੋਕ ਸਭਾ ਉਪ ਚੋਣ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਲੋਕਲ ਬਾਡੀਜ਼ ਦੀਆਂ ਚੋਣਾਂ ਵੀ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਨਵੇਂ ਮੰਤਰੀ ਮੰਡਲ ਦੇ ਵਿਸਥਾਰ ‘ਚ ਸਾਰੇ ਖੇਤਰਾਂ ਦੇ ਮੰਤਰੀਆਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
PROMOTED CONTENT




