
ਕਪੂਰਥਲਾ , 24 ਨਵੰਬਰ (Nirmal Singh)-ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਐੱਸ ਓ ਆਈ ਦੇ ਜ਼ਿਲਾ ਕਪੂਰਥਲਾ ਦਿਤੀ ਪ੍ਰਧਾਨ ਨੇ ਆਪਣੀ ਇਨੋਵਾ ਗੱਡੀ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕੰਨਪਟੀ ‘ਤੇ ਰੱਖ ਕੇ ਚਲਾਈ ਗਈ ਗੋਲੀ ਦਿਮਾਗ ਨੂੰ ਪਾਰ ਕਰ ਕੇ ਇਨੋਵਾ ਗੱਡੀ ਦੀ ਪਿਛਲੀ ਸੀਟ ਨੂੰ ਤੋੜ ਕੇ ਬਾਹਰ ਨਿਕਲ ਗਈ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਦੂਜੇ ਪਾਸੇ ਥਾਣਾ ਸਦਰ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 30 ਸਾਲਾ ਅਮਰਜੋਤ ਸਿੰਘ ਵਾਸੀ ਪਿੰਡ ਮਾਧੋਝੰਡਾ ਆਪਣੀ ਇਨੋਵਾ ਨੰਬਰ ਡੀਐਲ-4ਸੀਏਈ-2617 ’ਤੇ ਸਵਾਰ ਹੋ ਕੇ ਪਿੰਡ ਰਜ਼ਾਪੁਰ ਨੇੜੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ। ਇਸ ਦੌਰਾਨ ਉਸ ਨੇ ਉੱਥੇ ਘਰੇਲੂ ਝਗੜੇ ਕਾਰਨ ਕਾਰ ‘ਚ ਬੈਠਦੇ ਹੀ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਡੀ ਐਸ ਪੀ ਕਪੂਰਥਲਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੇ ਪਰਿਵਾਰਕ ਝਗੜੇ ਕਾਰਨ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਖ਼ੌਫ਼ਨਾਕ ਕਦਮ ਚੁੱਕਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ-174 ਦੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਮਰਜੋਤ ਸਿੰਘ ਨੂੰ ਕੁਝ ਦਿਨ ਪਹਿਲਾਂ ਐੱਸ ਓ ਆਈ ਦੇ ਪਿੰਡ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।






