16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਐਸ. ਡੀ.ਐਮ ਵੱਲੋਂ...

ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਐਸ. ਡੀ.ਐਮ ਵੱਲੋਂ ਅਧਿਕਾਰੀਆਂ ਅਤੇ ਕਿਸਾਨ ਯੂਨੀਅਨ ਨਾਲ ਮੀਟਿੰਗ ।

ਪਿੰਡ ਪੱਧਰ ਉੱਤੇ ਕਮੇਟੀਆਂ ਦਾ ਗਠਨ: ਸਾਗਰ ਸੇਤੀਆ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ ਨੇ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਨੂੰ ਸਵੈ ਇੱਛਾ ਨਾਲ ਅੱਗੇ ਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖੀ ਜੀਵਨ ਖ਼ਤਰੇ ਵਿਚ ਪੈਂਦਾ ਹੈ ।

ਇਸ ਮੌਕੇ ਸ੍ਰੀ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਸਭਾਵਾਂ ਵਿੱਚ ਪਿੰਡ ਪੱਧਰ ਉੱਤੇ ਰੋਟਾਵੇਟਰ, ਹੈਪੀ ਸੀਡਰ, ਸੁਪਰਸੀਡਰ ਆਦਿ ਉਪਲਬੱਧ ਹਨ, ਜਿਸ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਹੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਸਾੜਨ ਤੋਂ ਪੈਦਾ ਹੁੰਦੇ ਪ੍ਰਦੂਸ਼ਨ ਦੇ ਮਾੜੇ ਪ੍ਰਭਾਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ ।

ਐਸ.ਡੀ.ਐਮ. ਨੇ ਦੱਸਿਆ ਕਿ ਇਸ ਸਬੰਧ ਵਿੱਚ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ਉੱਤੇ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਹਰੇਕ ਪਿੰਡ ਵਿੱਚ ਇੱਕ-ਇੱਕ ਨੋਡਲ ਅਫਸਰ, ਪਟਵਾਰੀ, ਪੰਚਾਇਤ ਸਕੱਤਰ, ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ।

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣਾ ਅਤੇ ਪ੍ਰੇਰਿਤ ਕਰਨਾ ਹੈ, ਤਾਂ ਜੋ ਵਾਤਾਵਰਨ ਅਤੇ ਮਨੁੱਖੀ ਸਿਹਤ ਨੂੰ ਕੋਈ ਹਾਨੀ ਨਾ ਪਹੁੰਚ ਸਕੇ । ਉਨ੍ਹਾਂ ਕਿਹਾ ਕਿ ਜੇਕਰ ਸਮਝਾਉਣ ਦੇ ਬਾਵਜੂਦ ਕੋਈ ਕਿਸਾਨ ਫਿਰ ਵੀ ਰਹਿੰਦ-ਖੂੰਹਦ ਨੂੰ ਅੱਗ ਲਗਾਉਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ ।

ਇਸ ਮੌਕੇ ਕਿਸਾਨ ਯੂਨੀਅਨਾਂ ਵੱਲੋਂ ਹਾਜਰ ਆਏ ਨੁਮਾਇੰਦਿਆਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਤੇ ਹੋਰਨਾਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

ਮੀਟਿੰਗ ਵਿੱਚ ਪ੍ਰਦੂਸ਼ਨ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰੀ ਵਿਭਾਗ, ਪੰਚਾਇਤ ਯੂਨੀਅਨ ਬਲਾਕ ਬੁਢਲਾਡਾ ਦੇ ਪ੍ਰਧਾਨ ਸਰਪੰਚ ਸ੍ਰੀ ਜਸਵੀਰ ਸਿੰਘ ਚੱਕ ਅਲੀਸ਼ੇਰ, ਸ੍ਰੀ ਰਾਮਫਲ ਸਿੰਘ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ਮਾਨਸਾ, ਪਿੰਡਾਂ ਦੇ ਸਰਪੰਚ ਅਤੇ ਵੱਖ-ਵੱਖ ਕਿਸਾਨ ਯੂਨੀਅਨ ਦੇ ਅਹੁੱਦੇਦਾਰ ਸ਼ਾਮਲ ਸਨ।

Today Now News

RELATED ARTICLES
- Advertisment -

POPULAR POSTS