
ਕਪੂਰਥਲਾ,(ਨਿਰਮਲ ਸਿੰਘ)
ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਗਿਣਤੀ ਆਬਜ਼ਰਵਰ ਏ.ਕੇ. ਯਾਦਵ ਸਮੇਤ ਗਿਣਤੀ ਕੇਂਦਰ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਪੂਰਥਲਾ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਵਿਰਸਾ ਵਿਹਾਰ ਕਪੂਰਥਲਾ ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿਖੇ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ।
ਵਿਧਾਨ ਸਭਾ ਹਲਕਿਆਂ ਫਗਵਾੜਾ,ਭੁਲੱਥ,ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਦੇ ਲਈ ਗਿਣਤੀ ਪ੍ਰਕਿਰਿਆ ਦਾ ਕੰਮ ਵਿਰਸਾ ਵਿਹਾਰ ਕਪੂਰਥਲਾ ਵਿਖੇ ਕੋਵਿਡ ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈ.ਵੀ.ਐੱਮਜ਼ ਦੀ ਗਿਣਤੀ ਦੇ ਲਈ 7 ਤੋਂ ਜ਼ਿਆਦਾ ਟੇਬਲ ਇਕ ਗਿਣਤੀ ਹਾਲ ਵਿਚ ਨਹੀਂ ਲੱਗਣਗੇ ਅਤੇ ਇਸੇ ਤਰ੍ਹਾਂ ਹਰੇਕ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਦੋ-ਦੋ ਹਾਲ ਨਿਰਧਾਰਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਸਵੇਰੇ 7 ਵਜੇ ਉਮੀਦਵਾਰਾਂ ਤੇ ਉਨ੍ਹਾਂ ਵਲੋਂ ਨਾਮਜਦ ਗਿਣਤੀ ਏਜੰਟਾਂ ਤੇ ਆਬਜ਼ਰਵਰਾਂ ਦੀ ਹਾਜ਼ਰੀ ਵਿਚ ਖੁੱਲ੍ਹੇਗਾ ਅਤੇ ਗਿਣਤੀ 8 ਵਜੇ ਸ਼ੁਰੂ ਹੋਵੇਗੀ।
ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਵਿਚ ਉਮੀਦਵਾਰਾਂ ਜਾਂ ਉਨ੍ਹਾਂ ਦੇ ਚੋਣ ਏਜੰਟਾਂ ਨੂੰ ਆਉਣ ਦੀ ਇਜ਼ਾਜ਼ਤ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਗਿਣਤੀ ਕੇਂਦਰ ਵਿਖੇ ਕਿਸੇ ਵੀ ਤਰ੍ਹਾਂ ਦਾ ਮੋਬਾਇਲ,ਸਮਾਰਟ ਵਾਚ ਅਤੇ ਹਥਿਆਰ ਲਿਆਉਣ ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਟਰਾਂਗ ਰੂਮ ਦੀ ਸੁਰੱਖਿਆ ਲਈ ਥਾਂ-ਥਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ ਅਤੇ ਕਰੜੀ ਸੁਰੱਖਿਆ ਲਈ ਤਿੰਨ ਲੇਅਰ ਹਥਿਆਰਬੰਦ ਸੈਨਾ ਦੀ ਤਾਇਨਾਤੀ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਨੂੰ ਧਿਆਨ ਵਿਚ ਰੱਖਦੇ ਹੋਏ ਜਿੱਤੇ ਹੋਏ ਉਮੀਦਵਾਰ ਨੂੰ ਕਿਸੇ ਵੀ ਤਰ੍ਹਾਂ ਦੇ ਜਸ਼ਨ ਮਨਾਉਣ ਜਾਂ ਜੇਤੂ ਜਲੂਸ ਕੱਢਣ ਦੀ ਇਜ਼ਾਜਤ ਨਹੀਂ ਹੈ।ਇਸ ਤੋਂ ਇਲਾਵਾ ਜੇਤੂ ਹੋਣ ਵਾਲਾ ਉਮੀਦਵਾਰ ਨੂੰ ਸਰਟੀਫਿਕੇਟ ਲੈਣ ਲਈ ਵੀ ਸਿਰਫ਼ ਦੋ ਵਿਅਕਤੀਆਂ ਨੂੰ ਲਿਜਾਉਣ ਦੀ ਹੀ ਇਜਾਜ਼ਤ ਹੋਵੇਗੀ।
ਉਨ੍ਹਾਂ ਇਸ ਮੌਕੇ ਕਾਊਂਟਿੰਗ ਸਟਾਫ ਨੂੰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਲਈ ਦਿੱਤੀ ਜਾ ਰਹੀ ਸਿਖਲਾਈ ਦਾ ਵੀ ਜਾਇਜ਼ਾ ਲਿਆ।





